1 ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ। ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿਂਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
6 ਆਪਣੀ ਨੇਕੀ ਅਤੇ ਨਿਰਪਖਤਾ ਨੂੰ ਦੁਪਿਹਰ ਦੀ ਤਿਖੀ ਧੁੱਪ ਵਾਂਗ ਚਮਕਣ ਦਿਉ।
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
8 ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁਢ਼ੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
10 ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।
11 ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।
12 ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸਕੇ ਆਪਣਾ ਗੁੱਸਾ ਦਰਸਾਉਂਦੇ ਹਨ।
13 ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।
14 ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।
15 ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।
16 ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ।
17 ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰਖਦਾ ਹੈ।
18 ਯਹੋਵਾਹ, ਸ਼ੁਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।
19 ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।
20 ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।
22 ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।
23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸਨੂੰ ਡਿੱਗਣ ਤੋਂ ਬਚਾਉਂਦਾ ਹੈ।
24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸਨੂੰ ਡਿੱਗਣ ਤੋਂ ਬਚਾਉਂਦਾ ਹੈ।
25 ਮੈਂ ਜਵਾਨ ਸਾਂ ਅਤੇ ਹੁਣ ਬੁਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬਚਿਆ ਨੂੰ ਭੁਖਿਆਂ ਮਰਦਿਆਂ ਨਹੀਂ ਵੇਖਿਆ।
26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ ਅਤੇ ਉਸਦੇ ਬੱਚੇ ਇੱਕ ਅਸੀਸ ਹਨ।
27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।
28 ਯਹੋਵਾਹ ਨਿਰਪਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ।
30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸਦੇ ਨਿਰਣੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
31 ਉਸਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵਖਰਾ ਨਹੀਂ ਹੋਵੇਗਾ।
32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲਭਦੇ ਹਨ।
33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁਖ ਨਹੀਂ ਹੋਵੇਗਾ ਅਤੇ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿਂਦੇ ਨਹੀਂ ਜਾਣ ਦੇਵੇਗਾ।
34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
36 ਪਰ ਜਦੋਂ ਉਹ ਚਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।
37 ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।
38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।
39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ। ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।
40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।